
ਨਾ ਮੈਂ ਮੋਮਨ ਵਿਚ ਮਸੀਤਾਂ, ਨਾ ਮੈਂ ਵਿਚ ਕੁਫ਼ਰ ਦੀਆਂ ਰੀਤਾਂ, ਨਾ ਮੈਂ ਪਾਕਾਂ ਵਿਚ ਪਲੀਤਾਂ, ਨਾ ਮੈਂ ਮੂਸਾ ਨਾ ਫਰਔਨ । ਬੁੱਲ੍ਹਾ ਕੀ ਜਾਣਾ ਮੈਂ ਕੌਣ । ਬੁੱਲ੍ਹਾ ਕੀ ਜਾਣਾ ਮੈਂ ਕੌਣ । ਨਾ ਮੈਂ ਅੰਦਰ ਬੇਦ ਕਿਤਾਬਾਂ, ਨਾ ਵਿਚ ਭੰਗਾਂ ਨਾ ਸ਼ਰਾਬਾਂ, ਨਾ ਵਿਚ ਰਿੰਦਾਂ ਮਸਤ ਖਰਾਬਾਂ, ਨਾ ਵਿਚ ਜਾਗਣ ਨਾ ਵਿਚ ਸੌਣ । ਬੁੱਲ੍ਹਾ ਕੀ ਜਾਣਾ ਮੈਂ ਕੌਣ । ਬੁੱਲ੍ਹਾ ਕੀ ਜਾਣਾ ਮੈਂ ਕੌਣ । ਨਾ ਵਿਚ ਸ਼ਾਦੀ ਨਾ ਗ਼ਮਨਾਕੀ, ਨਾ ਮੈਂ ਵਿਚ ਪਲੀਤੀ ਪਾਕੀ, ਨਾ ਮੈਂ ਆਬੀ ਨਾ ਮੈਂ ਖ਼ਾਕੀ, ਨਾ ਮੈਂ ਆਤਿਸ਼ ਨਾ ਮੈਂ ਪੌਣ । ਬੁੱਲ੍ਹਾ ਕੀ ਜਾਣਾ ਮੈਂ ਕੌਣ । ਬੁੱਲ੍ਹਾ ਕੀ ਜਾਣਾ ਮੈਂ ਕੌਣ । ਨਾ ਮੈਂ ਅਰਬੀ ਨਾ ਲਾਹੌਰੀ, ਨਾ ਮੈਂ ਹਿੰਦੀ ਸ਼ਹਿਰ ਨਗੌਰੀ, ਨਾ ਹਿੰਦੂ ਨਾ ਤੁਰਕ ਪਸ਼ੌਰੀ, ਨਾ ਮੈਂ ਰਹਿੰਦਾ ਵਿਚ ਨਦੌਣ । ਬੁੱਲ੍ਹਾ ਕੀ ਜਾਣਾ ਮੈਂ ਕੌਣ । ਬੁੱਲ੍ਹਾ ਕੀ ਜਾਣਾ ਮੈਂ ਕੌਣ । ਨਾ ਮੈਂ ਭੇਤ ਮਜ਼ਹਬ ਦਾ ਪਾਇਆ, ਨਾ ਮੈਂ ਆਦਮ ਹਵਾ ਜਾਇਆ, ਨਾ ਮੈਂ ਆਪਣਾ ਨਾਮ ਧਰਾਇਆ, ਨਾ ਵਿਚ ਬੈਠਣ ਨਾ ਵਿਚ ਭੌਣ । ਬੁੱਲ੍ਹਾ ਕੀ ਜਾਣਾ ਮੈਂ ਕੌਣ । ਬੁੱਲ੍ਹਾ ਕੀ ਜਾਣਾ ਮੈਂ ਕੌਣ । ਅੱਵਲ ਆਖਰ ਆਪ ਨੂੰ ਜਾਣਾਂ, ਨਾ ਕੋਈ ਦੂਜਾ ਹੋਰ ਪਛਾਣਾਂ, ਮੈਥੋਂ ਹੋਰ ਨਾ ਕੋਈ ਸਿਆਣਾ, ਬੁਲ੍ਹਾ ਸ਼ਾਹ ਖੜ੍ਹਾ ਹੈ ਕੌਣ । ਬੁੱਲ੍ਹਾ ਕੀ ਜਾਣਾ ਮੈਂ ਕੌਣ । ਬੁੱਲ੍ਹਾ ਕੀ ਜਾਣਾ ਮੈਂ ਕੌਣ ।

